ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ, 19 ਜੂਨ:
ਹਰ ਬਜ਼ੁਰਗ, ਬੱਚੇ ਅਤੇ ਨੌਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਨ ਲਈ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਅਤੇ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 6.00 ਵਜੇ ਤੋਂ 7.30 ਵਜੇ ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਯੋਗ ਆਸਣ ਸਬੰਧੀ ਲੋਕਾਂ ਨੂੰ ਅਭਿਆਸ ਕਰਵਾ ਕੇ ਇਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਵਿਧੀ ਨੂੰ ਹਰ ਰੋਜ਼ ਦੁਹਰਾ ਕੇ ਲੋਕਾਂ ਨੂੰ ਨਿਰੋਗ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯੋਗ ਕੋਆਰਡੀਨੇਟਰ ਅਤੇ ਯੋਗਾ ਟ੍ਰੇਨਰ ਨਿਯੁਕਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ’ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ https://cmdiyogshala.punjab.gov.in/ ’ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ’ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਅਤੇ ਹੋਰ ਸਰਵਜਨਿਕ ਸਥਾਨਾਂ ’ਤੇ ਮੁਫਤ ਯੋਗ ਕਲਾਸਾਂ ਦੇਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਸਵੇਰੇ 6.00 ਵਜੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਮੂਲੀਅਤ ਕਰਦੇ ਹੋਏ ਯੋਗਾ ਅਭਿਆਸ ਨਾਲ ਜੁੜਨ ਅਤੇ ਬਿਮਾਰੀਆਂ ਤੋਂ ਛੁਟਕਾਰਾ ਪਾਉਣ।